Popular posts on all time redership basis

Wednesday, 28 March 2012

ਹਰ ਮੋੜ ‘ਤੇ ਸਲੀਬਾਂ.......... - ਜਗਤਾਰ

ਹਰ ਮੋੜ ‘ਤੇ ਸਲੀਬਾਂ, ਹਰ ਪੈਰ ‘ਤੇ ਹਨੇਰਾ।
ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ।

ਪੱਥਰ ‘ਤੇ ਨਕਸ਼ ਹਾਂ ਮੈਂ, ਮਿੱਟੀ ‘ਤੇ ਤਾਂ ਨਹੀਂ ਹਾਂ,
ਜਿੰਨਾ ਕਿਸੇ ਮਿਟਾਇਆ, ਹੁੰਦਾ ਗਿਆ ਡੁੰਘੇਰਾ।

ਕਿੰਨੀ ਕੁ ਦੇਰ ਆਖ਼ਿਰ, ਧਰਤੀ ਹਨੇਰ ਜਰਦੀ,
ਕਿੰਨੀ ਕੁ ਦੇਰ ਰਹਿੰਦਾ,ਖ਼ਾਮੋਸ਼ ਖ਼ੂਨ ਮੇਰਾ।

ਇਤਿਹਾਸ ਦੇ ਸਫ਼ੇ ‘ਤੇ, ਤੇ ਵਕਤ ਦੇ ਪਰਾਂ ‘ਤੇ,
ਉਂਗਲਾਂ ਡੁਬੋ ਕੇ ਲਹੂ ਵਿਚ, ਲਿਖਿਆ ਹੈ ਨਾਮ ਤੇਰਾ।

ਹਰ ਕਾਲ ਕੋਠੜੀ ਵਿਚ, ਤੇਰਾ ਹੈ ਜ਼ਿਕਰ ਏਦਾਂ,
ਗ਼ਾਰਾਂ ‘ਚ ਚਾਂਦਨੀ ਦਾ, ਹੋਵੇ ਜਿਵੇਂ ਬਸੇਰਾ।

ਆ ਆ ਕੇ ਯਾਦ ਤੇਰੀ, ਗ਼ਮਾਂ ਦਾ ਜੰਗਲ ਚੀਰੇ,
ਜੁਗਨੂੰ ਹੈ ਚੀਰ ਜਾਂਦਾ, ਜਿਉਂ ਰਾਤ ਦਾ ਹਨੇਰਾ।

ਪੈਰਾਂ ‘ਚ ਬੇੜੀਆਂ ਨੇ, ਨੱਚਦੇ ਨੇ ਲੋਕ ਫਿਰ ਵੀ,
ਕਿਉਂ ਵੇਖ ਵੇਖ ਉੱਡਦੈ, ਚਿਹਰੇ ਦਾ ਰੰਗ ਤੇਰਾ।

ਮੇਰੇ ਵੀ ਪੈਰ ਚੁੰਮ ਕੇ, ਇਕ ਦਿਨ ਕਹੇਗੀ ਬੇੜੀ,
ਸਦ ਸ਼ੁਕਰ ਹੈ ਕਿ ਆਇਆ, ਮਹਿਬੂਬ ਅੰਤ ਮੇਰਾ

..........................................- ਜਗਤਾਰ

No comments:

Post a Comment